55੦ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਪਾਉਂਟਾ ਸਾਹਿਬ ਵਿਖੇ ਹੋਏਗਾ ਵਿਸ਼ਾਲ ਗੁਰਮਤਿ ਸਮਾਗਮ

0

ਭਾਈ ਲੌਂਗੋਵਾਲ ਦੀ ਅਗਵਾਈ ‘ਚ ਪ੍ਰਬੰਧਕ ਕਮੇਟੀ ਦੀ ਇਕੱਤਰਤਾ ਵਿਚ ਲਿਆ ਫੈਸਲਾ
ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਮੀਟਿੰਗ ਹਾਲ ਦਾ ਕੀਤਾ ਉਦਘਾਟਨ

ਅੰਮ੍ਰਿਤਸਰ:   ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਹੋਈ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਪ੍ਰਬੰਧਕ ਕਮੇਟੀ ਦੀ ਇਕੱਤਰਤਾ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਇੱਕ ਵਿਸ਼ਾਲ ਗੁਰਮਤਿ ਸਮਾਗਮ ਕਰਵਾਉਣ ਦਾ ਫੈਸਲਾ ਕੀਤਾ ਗਿਆ। ਇਕੱਤਰਤਾ ਦੌਰਾਨ ਪਹਿਲੇ ਪਾਤਸ਼ਾਹ ਜੀ ਦੇ ੫੫੦ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾਣ ਵਾਲੇ ਸਮਾਗਮਾਂ ਵਿਚ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਵੱਲੋਂ ਸਹਿਯੋਗੀ ਭੂਮਿਕਾ ਦੀ ਵਚਨਬੱਧਤਾ ਵੀ ਪ੍ਰਗਟਾਈ ਗਈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਲੌਂਗੋਵਾਲ ਨੇ ਦੱਸਿਆ ਕਿ ਹਿਮਾਚਲ ਪ੍ਰਦੇਸ਼ ਵਿਖੇ ਪਹਿਲੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ੋਰਦਾਰ ਧਰਮ ਪ੍ਰਚਾਰ ਮੁਹਿੰਮ ਚਲਾ ਕੇ ਸੰਗਤ ਨੂੰ ਪ੍ਰਕਾਸ਼ ਪੁਰਬ ਸ਼ਤਾਬਦੀ ਦੇ ਸਮਾਗਮਾਂ ਵਿਚ ਭਰਵੀਂ ਸ਼ਮੂਲੀਅਤ ਲਈ ਉਤਸ਼ਾਹਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਲਾਕੇ ਅੰਦਰ ਸੰਗਤਾਂ ਤੱਕ ਪਹੁੰਚ ਮਗਰੋਂ ਸ੍ਰੀ ਪਾਉਂਟਾ ਸਾਹਿਬ ਵਿਖੇ ਹੋਣ ਵਾਲਾ ਗੁਰਮਤਿ ਸਮਾਗਮ ਯਾਦਗਾਰੀ ਹੋਵੇਗਾ ਜਿਸ ਵਿਚ ਸਿੰਘ ਸਾਹਿਬਾਨ ਅਤੇ ਕੌਮ ਦੇ ਪ੍ਰਸਿੱਖ ਰਾਗੀ, ਢਾਡੀ ਤੇ ਕਥਾਵਾਚਕ ਹਾਜਰੀ ਭਰਨਗੇ। ਭਾਈ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਹੋਈ ਇਕੱਤਰਤਾ ਵਿਚ ਸ. ਹਰਭਜਨ ਸਿੰਘ ਮੀਤ ਪ੍ਰਧਾਨ, ਸ. ਰਾਜਿੰਦਰ ਸਿੰਘ ਰਾਜਨ ਜਨਰਲ ਸਕੱਤਰ, ਤਰਨਾ ਦਲ ਦੇ ਮੁੱਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਸਮੇਤ ਹੋਰ ਮੈਂਬਰ ਮੌਜੂਦ ਸਨ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਨਵੇਂ ਤਿਆਰ ਕੀਤੇ ਮੀਟਿੰਗ ਹਾਲ ਦਾ ਭਾਈ ਲੌਂਗੋਵਾਲ ਤੇ ਹੋਰਨਾਂ ਪ੍ਰਮੁੱਖ ਸ਼ਖਸੀਅਤਾਂ ਵੱਲੋਂ ਉਦਘਾਟਨ ਵੀ ਕੀਤਾ ਗਿਆ। ਇਸ ਤੋਂ ਪਹਿਲਾਂ ਭਾਈ ਲੌਂਗੋਵਾਲ ਨੇ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੇ ਸ਼ਹੀਦੀ ਸਾਕੇ ਦੀ ਯਾਦ ਵਿਚ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਵੱਲੋਂ ਕਰਵਾਏ ਗਏ ਸਮਾਗਮ ਵਿਚ ਸ਼ਮੂਲੀਅਤ ਕਰ ਕੇ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ। ਸਮਗਾਮ ਦੌਰਾਨ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ਼ਮੂਲੀਅਤ ਕੀਤੀ। ਉਨ੍ਹਾਂ ਆਪਣੇ ਸੰਬੋਧਨ ਵਿਚ ਸੰਗਤ ਨੂੰ ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਪ੍ਰੇਰਨਾ ਕੀਤੀ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਪ੍ਰੇਰਿਆ। ਇਸ ਮੌਕੇ ਜਥੇਦਾਰ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੇ ਭਾਈ ਗੋਬਿੰਦ ਸਿੰਘ ਲੌਂਗੋਵਾਲ, ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਨੂੰ ਗੁਰੂ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ। ਇਸ ਮੌਕੇ ਹੋਰਨਾ ਤੋਂ ਇਲਾਵਾ ਸ. ਜਗੀਰ ਸਿੰਘ ਮੈਨੇਜਰ, ਸ. ਕੁਲਵੰਤ ਸਿੰਘ ਚੌਧਰੀ, ਸ. ਦਰਸ਼ਨ ਸਿੰਘ ਲੌਂਗੋਵਾਲ ਪੀ.ਏ. ਆਦਿ ਮੌਜੂਦ ਸਨ।

About Author

Leave a Reply

Your email address will not be published. Required fields are marked *

You may have missed