ਕਰੋਨਾ ਸੰਕਟ ਨਾਲ ਨਜਿੱਠਣ ਲਈ ਕੰਗ ਵਲੋਂ ਸਿਟੀ ਕਾਂਗਰਸ ਦੇ ਆਗੂਆਂ ਨਾਲ ਮੀਟਿੰਗ ਸਰਕਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਦੀ ਲੋੜ: ਕੰਗ

ਸਿਟੀ ਕਾਂਗਰਸ ਦੇ ਆਗੂਆਂ ਨਾਲ ਮੀਟਿੰਗ ਕਰਦੇ ਅਮਰਿੰਦਰ ਸਿੰਘ ਰੋਮੀ ਕੰਗ।
ਪੰਜਾਬ ਅਪ ਨਿਊਜ਼ ਬਿਊਰੋ: ਕਰੋਨਵਾਇਰਸ ਦੀ ਮਹਾਂਮਾਰੀ ਕਾਰਨ ਪਾਬੰਦੀਆਂ ਦੀ ਮਾਰ ਝੱਲ ਰਹੇ ਸ਼ਹਿਰ ਵਾਸੀਆਂ ਦੀ ਸਾਰ ਲੈਣ ਲਈ ਯੂਥ ਕਾਂਗਰਸੀ ਆਗੂ ਅਮਰਿੰਦਰ ਸਿੰਘ ਰੋਮੀ ਕੰਗ ਨੇ ਸ਼ਹਿਰ ਦਾ ਦੌਰਾ ਕੀਤਾ ਅਤੇ ਸਥਾਨਕ ਆਗੂਆਂ ਨਾਲ ਮੀਟਿੰਗ ਕਰਕੇ ਲੋਕਾਂ ਨੂੰ ਪਹੁੰਚ ਰਹੀਆਂ ਸਹੂਲਤਾਂ ਦੀ ਸਮੀਖਿਆ ਕੀਤੀ। ਇਸ ਮੌਕੇ ਸ੍ਰੀ ਕੰਗ ਨੇ ਪਾਰਟੀ ਆਗੂਆਂ ਨੂੰ ਲੋੜਵੰਦ ਤੇ ਗਰੀਬ ਲੋਕਾਂ ਨਾਲ ਤਾਲਮੇਲ ਬਣਾ ਕੇ ਰੱਖਣ ਦੀ ਅਪੀਲ ਵੀ ਕੀਤੀ।
ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਦੇ ਨਿਰਦੇਸ਼ਾਂ ਅਨੁਸਾਰ ਸ਼ਹਿਰ ਦਾ ਦੌਰਾ ਕਰਦਿਆਂ ਰੋਮੀ ਕੰਗ ਨੇ ਸਥਾਨਕ ਰੂਪਨਗਰ ਰੋਡ ‘ਤੇ ਪਾਰਟੀ ਦੀ ਸਥਾਨਕ ਇਕਾਈ ਦੇ ਆਗੂਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਸਿਟੀ ਕਾਂਗਰਸ ਦੇ ਪ੍ਰਧਾਨ ਨੰਦੀਪਾਲ ਬਾਂਸਲ,ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੇ ਮੈਂਬਰ ਹੈਪੀ ਧੀਮਾਨ,ਸਿਟੀ ਯੂਥ ਕਾਂਗਰਸ ਦੇ ਪ੍ਰਧਾਨ ਨੰਦੀਪਾਲ ਬਾਂਸਲ ਅਤੇ ਰਾਣਾ ਜਸਵੀਰ ਸਿੰਘ ਆਦਿ ਨੇ ਕਰੋਨਾਵਇਰਸ ਦੀ ਮਹਾਂਮਾਰੀ ਕਾਰਨ ਸ਼ਹਿਰ ਵਿੱਚ ਚੱਲ ਰਹੇ ਮਹੌਲ ਸਬੰਧੀ ਜਾਣੂ ਕਰਵਾਇਆ। ਆਗੂਆਂ ਨੇ ਸ਼ਹਿਰ ਵਿੱਚ ਲੋੜਵੰਦ ਪਰਿਵਾਰਾਂ ਦੀ ਮਦਦ ਲਈ ਕੀਤੇ ਜਾ ਰਹੇ ਉਪਰਾਲਿਆਂ ਸਬੰਧੀ ਦੱਸਿਆ। ਇਸੇ ਦੌਰਾਨ ਰੋਮੀ ਕੰਗ ਨੇ ਕਿਹਾ ਕਿ ਸਰਕਾਰ ਵਲੋਂ ਇਹ ਨਿਸ਼ਚਾ ਕੀਤਾ ਗਿਆ ਹੈ ਕਿ ਕਿਸੇ ਨੂੰ ਵੀ ਪਾਬੰਦੀਆਂ ਦੌਰਾਨ ਭੁੱਖਾ ਨਾ ਰਹਿਣਾ ਪਏ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਨਿਰੰਤਰ ਰਾਸ਼ਣ ਕਿੱਟਾਂ ਦੀ ਸਪਲਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸਮਾਜ ਸੇਵੀ ਸੰਸਥਾਵਾਂ ਵੀ ਨਿਰੰਤਰ ਲੋਕ ਸੇਵਾ ਵਿੱਚ ਜੁਟੀਆਂ ਹੋਈਆਂ ਹਨ। ਸ੍ਰੀ ਕੰਗ ਨੇ ਪਾਰਟੀ ਆਗੂਆਂ ਨੇ ਕਰੋਨਾਵਇਰਸ ਦੇ ਪਸਾਰੇ ਦੀ ਰੋਕਥਾਮ ਲਈ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਨ,ਸਮਾਜਿਕ ਦੂਰੀ ਬਣਾ ਕੇ ਰੱਖਣ ਅਤੇ ਮਾਸਕ ਪਹਿਨਣ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਲੋੜਵੰਦ ਤੇ ਗਰੀਬ ਪਰਿਵਾਰਾਂ ਦੀ ਹਰ ਸੰਭਵ ਮਦਦ ਕਰਨ ਦੀ ਅਪੀਲ ਕੀਤੀ। ਉਨ੍ਹਾਂ ਇਸ ਸੰਕਟ ਸਮੇਂ ਵਿੱਚ ਫਰੰਟਲਾਈਨ ਵਾਰੀਅਰਜ਼ ਨੂੰ ਵੀ ਬਣਦਾ ਮਾਣ ਸਤਿਕਾਰ ਦੇਣ ਦੀ ਅਪੀਲ ਕੀਤੀ। ਰੋਮੀ ਕੰਗ ਨੇ ਇਸ ਸੰਕਟ ਸਮੇਂ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਆਉਣ ਦੀ ਸੂਰਤ ਵਿੱਚ ਮਾਮਲਾ ਤੁਰੰਤ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਦੇ ਧਿਆਨ ਵਿੱਚ ਲਿਆਉਣ ਲਈ ਵੀ ਕਿਹਾ। ਇਸ ਮੌਕੇ ਨੰਦੀਪਾਲ ਬਾਂਸਲ,ਹੈਪੀ ਧੀਮਾਨ,ਰਮਾਕਾਂਤ ਕਾਲੀਆ,ਰਾਣਾ ਜਸਵੀਰ ਸਿੰਘ,ਸੰਜੀਵ ਟੰਡਨ,ਮੱਟੂ ਬਾਂਸਲ ਅਤੇ ਹੋਰ ਆਗੂ ਵੀ ਹਾਜ਼ਰ ਸਨ।