ਸ਼੍ਰੋਮਣੀ ਅਕਾਲੀ ਦਲ ਦੇ ਅਨੁਸੂਚਿਤ ਜਾਤੀ ਵਿੰਗ ਦੇ ਕੌਮੀ ਪ੍ਰਧਾਨ ਬਣਨ ’ਤੇ ਜਥੇਦਾਰ ਰਣੀਕੇ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤਾ ਸ਼ੁਕਰਾਨਾ

ਅੰਮ੍ਰਿਤਸਰ, ਮਨਵਿੰਦਰ ਸਿੰਘ ਵਿੱਕੀ- ਸ਼੍ਰੋਮਣੀ ਅਕਾਲੀ ਦਲ ਦੇ ਅਨੁਸੂਚਿਤ ਜਾਤੀ ਵਿੰਗ ਦੇ ਕੌਮੀ ਪ੍ਰਧਾਨ ਅਤੇ ਕੋਰ ਕਮੇਟੀ ਦੇ ਮੈਂਬਰ ਬਣਨ ’ਤੇ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਨੇ ਅੱਜ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਜਥੇਦਾਰ ਰਣੀਕੇ ਨੇ ਕਿਹਾ ਕਿ ਗੁਰੂ ਸਾਹਿਬ ਦੀ ਬਖ਼ਸ਼ਿਸ਼ ਨਾਲ ਪਾਰਟੀ ਵੱਲੋਂ ਉਨ੍ਹਾਂ ’ਤੇ ਭਰੋਸਾ ਪ੍ਰਗਟ ਕਰਦਿਆਂ ਇਹ ਜ਼ੁੰਮੇਵਾਰੀ ਦਿੱਤੀ ਗਈ ਹੈ, ਜਿਸ ਨੂੰ ਉਹ ਗੁਰੂ ਸਾਹਿਬ ਦੀ ਭੈ-ਭਾਵਨੀ ਵਿਚ ਰਹਿ ਕੇ ਨਿਭਾਉਣਗੇ। ਉਨ੍ਹਾਂ ਸ਼੍ਰੋਮਣੀ ਅਕਾਲੀ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ, ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਸਮੂਹ ਅਹੁਦੇਦਾਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੁਖਤਾਰ ਸਿੰਘ ਚੀਮਾ ਤੇ ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ ਨੇ ਗੁਰੂ ਬਖ਼ਸ਼ਿਸ਼ ਸਿਰਪਾਓ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸ. ਹਰਿੰਦਰ ਸਿੰਘ ਰੋਮੀ ਤੇ ਸ. ਸਰਬਜੀਤ ਸਿੰਘ ਸੂਚਨਾ ਅਧਿਕਾਰੀ ਆਦਿ ਮੌਜੂਦ ਸਨ।

Leave a Reply

Your email address will not be published. Required fields are marked *