September 30, 2020

ਮਿਸ਼ਨ ਫ਼ਤਿਹ’ ਦਾ ਸੰਦੇਸ਼ ਘਰ-ਘਰ ਪਹੁੰਚਾਉਣ ਲਈ ਬਟਾਲਾ ਵਿੱਚ ਜਾਗਰੂਕਤਾ ਮੁਹਿੰਮ ਦਾ ਅਗਾਜ਼ ਐੱਸ.ਡੀ.ਐੱਮ. ਬਟਾਲਾ ਨੇ ਪ੍ਰਚਾਰ ਵਾਹਨਾਂ ਨੂੰ ਕੀਤਾ ਰਵਾਨਾ

ਐੱਸ.ਡੀ.ਐੱਮ. ਬਟਾਲਾ ਨੇ ਪ੍ਰਚਾਰ ਵਾਹਨਾਂ ਨੂੰ ਰਵਾਨਾ ਕਰਦੇ ਹੋਏ

ਬਟਾਲਾ, 14 ਜੂਨ (ਦਮਨ ਬਾਜਵਾ ) – ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ‘ਮਿਸ਼ਨ ਫ਼ਤਿਹ’ ਤਹਿਤ ਇਕ ਵੱਡੀ ਜਾਗਰੂਕਤਾ ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ, ਜਿਸ ਤਹਿਤ ਕੋਵਿਡ-19 ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਬਟਾਲਾ ਵਿੱਚ ਇਸ ਜਾਗਰੂਕਤਾ ਮੁਹਿੰਮ ਦਾ ਆਗਾਜ਼ ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ ਨੇ ਪ੍ਰਚਾਰ ਵਾਹਨਾਂ ਨੂੰ ਰਵਾਨਾ ਕਰਕੇ ਕੀਤਾ।
ਇਸ ਮੌਕੇ ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਸਬ-ਡਵੀਜ਼ਨ ਬਟਾਲਾ ਦੇ ਵੱਖ-ਵੱਖ ਪੇਂਡੂ ਤੇ ਸ਼ਹਿਰੀ ਇਲਾਕਿਆਂ ਵਿਚ ਜਨਤਾ ਨੂੰ ਕੋਵਿਡ-19 ਤੋਂ ਬਚਣ ਲਈ ਲੋੜੀਂਦੀਆਂ ਸਾਵਧਾਨੀਆਂ ਪ੍ਰਤੀ ਖਬਰਦਾਰ ਕੀਤਾ ਜਾਵੇਗਾ ਅਤੇ ਇਹ ਪ੍ਰਚਾਰ ਵਾਹਨ ਤਹਿਸੀਲ ਹਰ ਪਿੰਡ ਤੇ ਸ਼ਹਿਰ ਵਿੱਚ ਜਾਣਗੇ।
ਸ. ਬਲਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਰਾਜ ਨੂੰ ਕੋਵਿਡ-19 ਤੋਂ ਮੁਕਤ ਕਰਨ ਲਈ ਚਲਾਈ ਗਈ ਜਨ-ਜਾਗਰੂਕਤਾ ਮੁਹਿੰਮ ‘ਮਿਸ਼ਨ ਫ਼ਤਿਹ’ ਤਹਿਤ ਜ਼ਿਲ੍ਹੇ ਵਿੱਚ ਜ਼ਮੀਨੀ ਗਤੀਵਿਧੀਆਂ ਸਪਤਾਹ 15 ਤੋਂ 21 ਜੂਨ ਤੱਕ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਮਿਸ਼ਨ ਫ਼ਤਿਹ ਦਾ ਮੰਤਵ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਣ ਲਈ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਸੁਝਾਈਆਂ ਗਈਆਂ ਸਾਵਧਾਨੀਆਂ ਦਾ ਅਮਲੀ ਰੂਪ ਵਿੱਚ ਪਾਲਣ ਕਰਵਾਉਣ ਲਈ ਜਾਗਰੂਕ ਕਰਨਾ ਹੈ। ਉਨ੍ਹਾਂ ਦੱਸਿਆ ਕਿ 15 ਜੂਨ ਨੂੰ ਅਧਿਕਾਰਿਤ ਤੌਰ ’ਤੇ ਮਿਸ਼ਨ ਫ਼ਤਿਹ ਤਹਿਤ ਹੋਣ ਵਾਲੀਆਂ ਜ਼ਮੀਨੀ ਗਤੀਵਿਧੀਆਂ ਦੀ ਆਰੰਭਤਾ ਕੀਤੀ ਜਾਵੇਗੀ।
ਐੱਸ.ਡੀ.ਐੱਮ. ਬਟਾਲਾ ਨੇ ਸਪਤਾਹਿਕ ਗਤੀਵਿਧੀਆਂ ਦਾ ਵੇਰਵਾ ਦਿੰਦਿਆਂ ਦੱਸਿਆ ਕਿ 15 ਜੂਨ ਨੂੰ ਪ੍ਰਸ਼ਾਸਨ ਵਲੋਂ ਕੋਰੋਨਾ ਯੋਧਿਆਂ ਨੂੰ ਸਰਕਾਰ ਵਲੋਂ ਮਿਸ਼ਨ ਫ਼ਤਿਹ ਦਾ ਪ੍ਰਤੀਕ ਬੈਜ ਦੇਣ ਦੀ ਰਸਮ ਨਿਭਾਈ ਜਾਵੇਗੀ। ਕੋਰੋਨਾ ਯੋਧਿਆਂ ਵਲੋਂ ਇਹ ਬੈਜ ਲਗਾਕੇ ਅਤੇ ਮਾਸਕ ਪਾ ਕੇ ਆਪਣੀ ਸੈਲਫ਼ੀ ਖਿੱਚ ਕੇ ਕੋਵਾ ਐਪ ’ਤੇ ਅਪਲੋਡ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਭੇਜੀ ਜਾਵੇਗੀ। ਇਨ੍ਹਾਂ ਕੋਰੋਨਾ ਯੋਧਿਆਂ ਵਿੱਚ ਕੋਰੋਨਾ ’ਤੇ ਫਤਿਹ ਪਾਉਣ ਵਾਲੇ ਵਿਅਕਤੀ, ਪ੍ਰਸ਼ਾਸਨਿਕ, ਪੁਲਿਸ, ਡਾਕਟਰ, ਮੈਡੀਕਲ ਸਟਾਫ਼, ਆਸ਼ਾ ਵਰਕਰ, ਆਂਗਣਵਾੜੀ ਵਰਕਰ, ਸਫ਼ਾਈ ਕਰਮਚਾਰੀ, ਸਰਪੰਚ, ਸਵੈ ਸੇਵੀ ਸੰਗਠਨ ਅਤੇ ਮੀਡੀਆ ਆਦਿ ਸ਼ਾਮਿਲ ਹੋਣਗੇ।
ਇਸ ਤੋਂ ਬਾਅਦ 16 ਜੂਨ ਨੂੰ ਆਂਗਨਵਾੜੀ ਵਰਕਰਾਂ ਵਲੋਂ ਬੈਜ ਲਗਾ ਕੇ ਆਪੋ ਆਪਣੇ ਪਿੰਡ ਦੇ ਆਂਗਨਵਾੜੀਆਂ ਵਿੱਚ ਆਉਣ ਵਾਲੇ ਬੱਚਿਆਂ ਦੇ ਘਰਾਂ ਦਾ ਦੌਰਾ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਸਾਵਧਾਨੀਆਂ ਦੱਸ ਕੇ ਪ੍ਰੇਰਿਤ ਕੀਤਾ ਜਾਵੇਗਾ। 17 ਜੂਨ ਨੂੰ ਪਿੰਡਾਂ ਦੇ ਸਰਪੰਚਾਂ ਵਲੋਂ ਬੈਜ ਲਗਾ ਕੇ ਪਿੰਡ ਦੇ ਲੋਕਾਂ ਨੂੰ ਮਿਲਿਆ ਜਾਵੇਗਾ ਅਤੇ ਕੋਵਿਡ-19 ਦੀ ਰੋਕਥਾਮ ਲਈ ਅਹਿਮ ਬਚਾਅ ਪ੍ਰਬੰਧਾਂ ਬਾਰੇ ਜਾਗਰੂਕ ਕੀਤਾ ਜਾਵੇਗਾ। 18 ਜੂਨ ਨੂੰ ਤਹਿਸੀਲ ਵਿੱਚ ਮੁੜ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ। ਜ਼ਿਲ੍ਹੇ ਦੀਆਂ ਐਨ.ਜੀ.ਓਜ਼. ਵਲੋਂ ਬੈਜ ਲਗਾ ਕੇ ਆਪੋ ਆਪਣੇ ਇਲਾਕੇ ਵਿੱਚ ਅਜਿਹੀਆਂ ਜਾਗਰੂਕ ਗਤੀਵਿਧੀਆਂ 19 ਜੂਨ ਨੂੰ ਕੀਤੀਆਂ ਜਾਣਗੀਆਂ। ਜ਼ਿਲ੍ਹਾ ਪੁਲਿਸ ਵਲੋਂ ਬੈਜ ਲਗਾ ਕੇ ਲੋਕਾਂ ਨੂੰ ਕੋਵਿਡ-19 ਪ੍ਰਤੀ ਸਾਵਧਾਨ ਕਰਨ ਦੀ ਗਤੀਵਿਧੀ ਦਾ ਦਿਨ 20 ਜੂਨ ਮਿਥਿਆ ਗਿਆ ਹੈ, ਜਦਕਿ ਨਗਰ ਨਿਗਮ ਵਲੋਂ ਰੈਜੀਡੈਂਟ ਵੈਲਫੇਅਰ ਕਮੇਟੀਆਂ ਤੇ ਸ਼ਹਿਰੀਆਂ ਰਾਹੀਂ ਜਾਗਰੂਕਤਾ ਮੁਹਿੰਮ 21 ਜੂਨ ਨੂੰ ਚਲਾਈ ਜਾਵੇਗੀ।
ਇਸ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ ਕੋਵਾ ਐਪ ‘ਤੇ ਕੋਵਿਡ ਦੀਆਂ ਸਾਵਧਾਨੀਆਂ ਤਹਿਤ ਆਪਣੀ ਫੋਟੋ ਅਪਲੋਡ ਕਰਨ ਵਾਲੇ ਵਿਅਕਤੀ/ਸੰਸਥਾ ਦੀ ਚੋਣ ਸੂਬਾਈ ਪੱਧਰ ’ਤੇ ਕੀਤੀ ਜਾਵੇਗੀ, ਜਿਸ ਦੀ ਸੂਚੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਭੇਜੀ ਜਾਵੇਗੀ, ਤਾਂ ਜੋ ਉਨ੍ਹਾਂ ਨੂੰ ਬੈਜ ਅਤੇ ਟੀ-ਸ਼ਰਟ ਰਾਹੀਂ ਹੌਸਲਾ ਅਫ਼ਜਾਈ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਕੋਵਾ ਐਪ ਰਾਹੀਂ ਮਿਸ਼ਨ ਫਤਿਹ ਯੋਧਿਆਂ ਦੀ ਚੋਣ ਹੋਵੇਗੀ। ਇਸ ਮੁਕਾਬਲੇ ਵਿਚ ਭਾਗ ਲੈਣ ਲਈ ਲੋਕ ਕੋਵਾ ਐਪ ਆਪਣੇ ਮੋਬਾਇਲ ਵਿਚ ਡਾਊਨਲੋਡ ਕਰਨ ਅਤੇ ਇਸ ਤਹਿਤ ਕੋਵਾ ਐਪ ’ਤੇ ਰਜਿਸਟ੍ਰੇਸ਼ਨ 17 ਜੂਨ ਤੋਂ ਸ਼ੁਰੂ ਹੋਵੇਗੀ।

Leave a Reply

Your email address will not be published. Required fields are marked *