ਮਿਸ਼ਨ ਫ਼ਤਿਹ ਤਹਿਤ ਪਿੰਡਾਂ ਦੇ ਲੋਕਾਂ ਨੂੰ ਵੀ ਕੋਰੋਨਾ ਵਾਇਰਸ ਤਹਿਤ ਕੀਤਾ ਜਾ ਰਿਹਾ ਜਾਗਰੂਕ – ਐੱਸ.ਡੀ.ਐੱਮ. ਬਟਾਲਾ

ਬਟਾਲਾ, 19 ਜੂਨ (ਦਮਨ ਪਾਲ ਸਿੰਘ ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ਕੀਤੇ ਮਿਸ਼ਨ ਫ਼ਤਿਹ ਤਹਿਤ ਪੇਂਡੂ ਖੇਤਰਾਂ ਦੇ ਵਸਨੀਕਾਂ ਨੂੰ ਵੀ ਕੋਰੋਨਾ ਵਾਇਰਸ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਪਿੰਡਾਂ ਵਿਚ ਕੋਰੋਨਾ ਵਾਇਰਸ ਮਹਾਂਮਾਰੀ ਦੇ ਬਚਾਅ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ ਨੇ ਕਿਹਾ ਕਿ ਮਿਸ਼ਨ ਫ਼ਤਿਹ ਤਹਿਤ ਪੰਚਾਇਤ ਵਿਭਾਗ ਵਲੋਂ ਪਿੰਡਾਂ ਦੇ ਸਰਪੰਚਾਂ ਤੇ ਪੰਚਾਇਤੀ ਨੁਮਾਇੰਦਿਆਂ ਦੇ ਸਹਿਯੋਗ ਨਾਲ ਲੋਕਾਂ ਨੂੰ ਕੋਰੋਨਾ ਵਾਇਰਸ ਸਬੰਧੀ ਜਾਗਰੂਕ ਕਰਨ ਲਈ ਵੱਖ ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਬਲਾਕ ਬਟਾਲਾ, ਫ਼ਤਿਹਗੜ੍ਹ ਚੂੜੀਆਂ, ਸ੍ਰੀ ਹਰਗੋਬਿੰਦਪੁਰ ਅਤੇ ਕਾਦੀਆਂ ਦੇ ਪਿੰਡਾਂ ਨੂੰ ਇਸ ਅਭਿਆਨ ਦੌਰਾਨ ਕਵਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਅਭਿਆਨ ਤਹਿਤ ਸਰਪੰਚਾਂ ਵੱਲੋਂ ਘਰ-ਘਰ ਜਾ ਕੇ ਲੋਕਾਂ ਨੂੰ ਕੋਰੋਨਾ ਵਾਇਰਸ ਦੇ ਬਚਾਅ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।
ਐੱਸ.ਡੀ.ਐੱਮ. ਬਟਾਲਾ ਨੇ ਦੱਸਿਆ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਸਮੇਂ ਸਮੇਂ ਤੇ ਹੱਥ ਧੋਣੇ, ਮਾਸਕ ਪਹਿਨਣ, ਅਤੇ ਸਮਾਜਿਕ ਦੂਰੀ ਆਦਿ ਸਾਵਧਾਨੀਆਂ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਮਿਸ਼ਨ ਫ਼ਤਿਹ ਦੁਆਰਾ ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਸੁਰੱਖਿਆ ਮਾਪਦੰਡਾਂ ਦਾ ਸਖ਼ਤੀ ਨਾਲ ਪਾਲਣ ਕਰਨ ਤੇ ਵਾਰ ਵਾਰ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਮੂਹ ਸੂਬਾ ਵਾਸੀਆਂ ਦੇ ਸਹਿਯੋਗ ਨਾਲ ਕੋਰੋਨਾ ਖਿਲਾਫ ਮਿਸ਼ਨ ਫ਼ਤਿਹ ਨੂੰ ਫ਼ਤਿਹ ਕੀਤਾ ਜਾਵੇਗਾ।