ਡਿਪਟੀ ਕਮਿਸ਼ਨਰ ਨੇ ਸੁਤੰਤਰਤਾ ਦਿਵਸ ਮੌਕੇ ਕੀਤੇ ਜਾਣ ਵਾਲੇ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਸੰਕਰ ਯਾਦਵ ਮੋਗਾ: ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ 15 ਅਗਸਤ ਨੂੰ ਮਨਾਏ ਜਾਣ ਵਾਲੇ ਸੁਤੰਤਰਤਾ ਦਿਵਸ ਮੌਕੇ ਕੀਤੇ ਜਾਣ ਵਾਲੇ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਮੀਟਿੰਗ ਅੱਜ ਵਿੱਚ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੀਤਾ ਦਰਸ਼ੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਰਾਮ ਪ੍ਰਵੇਸ਼, ਸੀਨੀਅਰ ਕਪਤਾਨ ਪੁਲਿਸ ਮੋਗਾ ਸ੍ਰੀ ਹਰਮਬੀਰ ਸਿੰਘ ਗਿੱਲ, ਉਪ ਮੰਡਲ ਮੈਜਿਸਟ੍ਰੇਟ ਮੋਗਾ ਸਤਵੰਤ ਸਿੰਘ, ਉਪ ਮੰਡਲ ਮੈਜਿਸਟ੍ਰੇਟ ਬਾਘਾਪੁਰਾਣਾ ਸ੍ਰੀਮਤੀ ਸਵਰਨਜੀਤ ਕੌਰ, ਉਪ ਮੰਡਲ ਮੈਜਿਸਟ੍ਰੇਟ ਧਰਮਕੋਟ ਨਰਿੰਦਰ ਸਿੰਘ ਧਾਲੀਵਾਲ, ਉਪ ਮੰਡਲ ਮੇੈਜਿਸਟ੍ਰੇਟ ਨਿਹਾਲ ਸਿੰਘ ਵਾਲਾ ਰਾਮ ਸਿੰਘ, ਸਹਾਇਕ ਸਿਵਲ ਸਰਜਨ ਮੋਗਾ ਸ੍ਰੀ ਜਸਵੰਤ ਸਿੰਘ, ਕਾਰਜਕਾਰੀ ਇੰਜੀਨੀਅਰ ਵਾਟਰ ਸਪਲਾਈ ਮੋਗਾ ਸ੍ਰੀ ਜੇ.ਐਸ. ਚਾਹਲ ਹਾਜ਼ਰ ਸਨ।
ਉਨ੍ਹਾਂ ਦੱਸਿਆ ਕਿ ਕਰੋਨਾ ਵਾਇਰਸ ਦੇ ਫੈਲਾਅ ਦੇ ਮੱਦੇਨਜਰ ਇਸ ਵਾਰ ਸੁਤੰਤਰਤਾ ਦਿਵਸ ਨੂੰ ਸਾਦੇ ਢੰਗ ਨਾਲ ਮਨਾਇਆ ਜਾਵੇਗਾ ਜੋ ਕਿ ਮਿਤੀ 15 ਅਗਸਤ ਨਵੀ ਦਾਣਾ ਮੰਡੀ ਮੋਗਾ ਵਿਖੇ ਆਯੋਜਤ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਦੱਸਿਆ ਕਿ ਇਸ ਵਾਰ ਦਾ ਸੁਤੰਤਰਤਾ ਸਮਾਗਮ ਕਰੋਨਾ ਮਹਾਂਮਾਰੀ ਦੇ ਚਲਦਿਆਂ ਸਰਕਾਰ ਦੀਆਂ ਹਦਾਇਤਾਂ ਦੇ ਸਨਮੁੱਖ ਸਾਵਧਾਨੀਆਂ ਦੀ ਵਰਤੋਂ ਕਰਕੇ ਆਯੋਜਿਤ ਕੀਤਾ ਜਾਵੇਗਾ। ਸਮਾਗਮ ਮੌਕੇ ਪੰਜਾਬ ਪੁਲਿਸ ਦੇ ਜਵਾਨਾਂ ਵਲੋਂ ਮੁੱਖ ਮਹਿਮਾਨ ਨੂੰ ਸਲਾਮੀ ਦਿੱਤੀ ਜਾਵੇਗੀ। ਇਸ ਵਾਰ ਦੇ ਸਮਾਗਮ ਦੌਰਾਨ ਪਹਿਲਾਂ ਵਾਂਗ ਕਿਸੇ ਵੀ ਤਰ੍ਹਾਂ ਦਾ ਸੱਭਿਆਚਾਰਕ ਪ੍ਰੋਗਰਾਮ ਤੇ ਪੀ.ਟੀ. ਸ਼ੋਅ ਆਦਿ ਨਹੀਂ ਹੋਵੇਗਾ ਅਤੇ ਨਾ ਹੀ ਬੈਡ ਅਤੇ ਮਾਰਚ ਪਾਸਟ ਆਯੋਜਤ ਕੀਤਾ ਜਾਵੇਗਾ। ਸਮਾਗਮ ਵਿੱਚ ਆਮ ਲੋਕਾਂ ਦਾ ਇਕੱਠ ਨਹੀ ਹੋਣ ਦਿੱਤਾ ਜਾਵੇਗਾ ਸਿਰਫ ਡਿਊਟੀ ਵਾਲੇ ਅਧਿਕਾਰੀ ਅਤੇ ਕਰਮਚਾਰੀਆਂ ਦੀ ਹਾਜ਼ਰੀ ਵਿੱਚ ਮੁੱਖ ਮਹਿਮਾਨ ਵੱਲੋ ਰਾਸ਼ਟਰੀ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਸਮਾਗਮ ਵਿੱਚ ਆਉਣ ਵਾਲੇ ਲੋਕਾਂ ਦੇ ਮੋਬਾਇਲ ਉੱਪਰ ਪੰਜਾਬ ਸਰਕਾਰ ਵੱਲੋ ਸ਼ੁਰੂ ਕੀਤਾ ਗਿਆ ਕੋਵਾ ਐਪ ਡਾਊਨਲੋਡ ਕਰਵਾਇਆ ਜਾਵੇਗਾ ਤਾਂ ਜੋ ਲੋਕ ਇਸ ਬਿਮਾਰੀ ਤੋ ਬਚਣ ਲਈ ਜਾਗਰੂਕ ਰਹਿਣ।
ਜ਼ਿਲ੍ਹਾ ਪੁਲਿਸ ਮੁੱਖੀ ਸ. ਗਿੱਲ ਨੇ ਦੱਸਿਆ ਕਿ ਮੋਗਾ ਪੁਲਿਸ ਵੱਲੋ ਇਸ ਸਮਾਗਮ ਦੌਰਾਨ ਦਿੱਤੀ ਜਾਣ ਵਾਲੀ ਡਿਊਟੀ ਦੀ ਰਿਹੱਸਲ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਸ ਸਮਾਗਮ ਨੂੰ ਪੂਰਨ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਜਾਵੇਗਾ।
ਇਸ ਮੌਕੇ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਇਹ ਵੀ ਖ਼ਾਸ ਹਦਾਇਤ ਕੀਤੀ ਕਿ ਕਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਸਮਾਰੋਹ ਵਾਲੇ ਸਥਾਨ ਨੂੰ ਸੈਨੇਟਾਈਜ਼ ਤੇ ਸਮਾਰੋਹ ਵਿਚ ਸ਼ਾਮਲ ਹੋਣ ਵਾਲੇ ਹਾਜ਼ਰੀਨ ਦੇ ਹੱਥਾਂ ਨੂੰ ਸੈਨੇਟਾਈਜ਼ ਕਰਵਾਉਣਾ, ਸਮਾਜਿਕ ਦੂਰੀ ਬਰਕਰਾਰ ਰੱਖਣੀ ਤੇ ਸਮੂਹ ਹਾਜ਼ਰੀਨ ਦੇ ਮਾਸਕ ਲਗਾਉਣਾ ਯਕੀਨੀ ਬਣਾਉਣਗੇ।