ਡਿਪਟੀ ਕਮਿਸ਼ਨਰ ਨੇ ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਨੂੰ ਹਦਾਇਤਾਂ ਜਾਰੀ ਕੀਤੀਆਂ

ਬਟਾਲਾ, 1 ਨਵੰਬਰ (ਦਮਨ ਬਾਜਵਾ)
ਕੋਰੋਨਾ ਵਾਇਰਸ ਅਤੇ ਡੇਂਗੂ ਤੋਂ ਬਚਣ ਲਈ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਅਤੇ ਸਾਵਧਾਨੀਆਂ ਵਰਤ ਕੇ ਅਸੀਂ ਇਨਾਂ ਦੋਵਾਂ ਬਿਮਾਰੀਆਂ ਤੋਂ ਬਚ ਸਕਦੇ ਹਾਂ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਨਾਲ ਇਸ ਸਮੇਂ ਡੇਂਗੂ ਦੀ ਬਿਮਾਰੀ ਦੇ ਮਰੀਜ਼ ਵੀ ਸਾਹਮਣੇ ਆ ਰਹੇ ਹਨ, ਇਸ ਲਈ ਹਰ ਵਿਅਕਤੀ ਨੂੰ ਕਰੋਨਾ ਤੋਂ ਬਚਣ ਦੇ ਨਾਲ ਡੇਂਗੂ ਦੀ ਬਿਮਾਰੀ ਤੋਂ ਬਚਣ ਲਈ ਵੀ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ। ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਜ਼ਿਲ੍ਹੇ ਵਿੱਚ ਡੇਂਗੂ ਦੀ ਬਿਮਾਰੀ ਦੀ ਰੋਕਥਾਮ ਲਈ ਵਿਸ਼ੇਸ਼ ਉਪਰਾਲੇ ਕਰਨ। ਉਨ੍ਹਾਂ ਕਿਹਾ ਕਿ ਸ਼ਹਿਰਾਂ ਅਤੇ ਪਿੰਡਾਂ ਵਿੱਚ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾਵੇ। ਉਨ੍ਹਾਂ ਦੱਸਿਆ ਕਿ ਡੇਂਗੂ ਤੋਂ ਬਚਾਅ ਲਈ ਆਲੇ-ਦੁਆਲੇ ਦੀ ਸਫਾਈ ਕਰਕੇ ਰੱਖੀ ਜਾਵੇ ਅਤੇ ਪਾਣੀ ਨਾ ਖੜਨ ਦਿੱਤਾ ਜਾਵੇ। ਉਨਾਂ ਕਿਹਾ ਕਿ ਹਰ ਸ਼ੁੱਕਰਵਾਰ ਡਰਾਈ ਡੇਅ ਵਜੋਂ ਮਨਾਇਆ ਜਾਵੇ। ਉਨਾਂ ਅੱਗੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਵਿਸ਼ੇਸ ਕੈਂਪ ਲਗਾ ਕੇ ਕੋਰੋਨਾ ਟੈਸਟਿੰਗ ਕੀਤੀ ਜਾ ਰਹੀ ਹੈ। ਉਨਾਂ ਨੇ ਕਿਹਾ ਕਿ ਕੋਰੋਨਾ ਟੈਸਟ ਤੋਂ ਘਬਰਾਉਣਾ ਨਹੀਂ ਚਾਹੀਦਾ। ਜੇਕਰ ਕਿਸੇ ਵਿਅਕਤੀ ਦੀ ਰਿਪੋਰਟ ਪੌਜ਼ਟਿਵ ਆਉਂਦੀ ਹੈ ਤਾਂ ਉਹ ਆਪਣੇ ਘਰ ਵਿਚ ਏਕਾਂਤਵਾਸ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਲਗਤਾਰ ਉਨਾਂ ਦੀ ਸਿਹਤ ਦਾ ਖਿਆਲ ਰੱਖਿਆ ਜਾਂਦਾ ਹੈ। ਕੋਰੋਨਾ ਬਿਮਾਰੀ ਨੂੰ ਲੁਕਾਉਣ ਨਾਲ ਨਹੀਂ, ਸਗੋਂ ਜਿਨਾਂ ਜਲਦੀ ਇਸਦਾ ਪਤਾ ਲੱਗੇਗਾ, ਓਨੀ ਛੇਤੀ ਹੀ ਕੋਰੋਨਾ ਪੀੜਤ ਦਾ ਇਲਾਜ ਸ਼ੁਰੂ ਕਰਕੇ ਉਸਨੂੰ ਠੀਕ ਕੀਤਾ ਜਾ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਲਾਜ ਨਾਲੋਂ ਹਮੇਸ਼ਾਂ ਪਰਹੇਜ਼ ਜਿਆਦਾ ਚੰਗਾ ਹੁੰਦਾ ਹੈ, ਇਸ ਲਈ ਹਰ ਕਿਸੇ ਨੂੰ ਕੋਰਨਾ ਵਾਇਰਸ ਅਤੇ ਡੇਂਗੂ ਵਰਗੀਆਂ ਘਾਤਕ ਬਿਮਾਰੀਆਂ ਤੋਂ ਬਚਣ ਲਈ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਲੋੜ ਪੈਣ ’ਤੇ ਜਾਂ ਵਧੇਰੇ ਜਾਣਕਾਰੀ ਲਈ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਜਾਂ ਮੈਡੀਕਲ ਹੈਲਪ ਲਾਈਨ ਨੰਬਰ 104 ਉੱਪਰ ਸੰਪਰਕ ਕੀਤਾ ਜਾ ਸਕਦਾ ਹੈ।