ਨਵਜੋਤ ਸਿੰਘ ਸਿੱਧੂ ਨੂੰ ਵੱਡਾ ਝਟਕਾ: ਸੁਪਰੀਮ ਕੋਰਟ ਨੇ ਸੁਣਾਈ ਇੱਕ ਸਾਲ ਦੀ ਸਜ਼ਾ

ਨਵੀਂ ਦਿੱਲੀ/19 ਮਈ:
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ।ਅੱਜ ਸੁਪਰੀਮ ਕੋਰਟ ਵਿੱਚ ਉਨ੍ਹਾਂ ‘ਤੇ ਚੱਲ ਰਹੇ ਰੋਡ ਰੇਜ ਮਾਮਲੇ ਦੀ ਸੁਣਵਾਈ ਹੋਈ ਹੈ। ਇਸ ਮਾਮਲੇ ‘ਚ ਰੀਵਿਊ ਪਟੀਸ਼ਨ ‘ਤੇ ਸੁਪਰੀਮ ਕੋਰਟ ਵੱਲੋਂ ਅੱਜ ਫੈਸਲਾ ਸੁਣਾਇਆ ਗਿਆ ਜਿਸ ਵਿੱਚ ਸਿੱਧੂ ਨੂੰ ਇੱਕ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਮਾਮਲਾ ਕਰੀਬ 34 ਸਾਲ ਪੁਰਾਣਾ ਹੈ। ਜਦੋਂ ਪਟਿਆਲਾ ‘ਚ ਪਾਰਕਿੰਗ ਨੂੰ ਲੈ ਕੇ ਨਵਜੋਤ ਸਿੱਧੂ ਅਤੇ ਉਨ੍ਹਾਂ ਦੇ ਦੋਸਤ ਦੀ ਲੜਾਈ ਹੋ ਗਈ ਸੀ। ਇਸ ਵਿੱਚ ਇੱਕ 65 ਸਾਲਾ ਵਿਅਕਤੀ ਦੀ ਮੌਤ ਹੋ ਗਈ ਸੀ। ਹਾਈਕੋਰਟ ਨੇ ਇਸ ਮਾਮਲੇ ਵਿੱਚ ਸਿੱਧੂ ਨੂੰ ਦੋਸ਼ੀ ਕਰਾਰ ਦਿੱਤਾ ਸੀ ਪਰ ਸੁਪਰੀਮ ਕੋਰਟ ਨੇ ਗੈਰ ਇਰਾਦਤਨ ਕਤਲ ਦੇ ਦੋਸ਼ ਨੂੰ ਖਾਰਜ ਕਰ ਦਿੱਤਾ ਸੀ। ਇਸ ਤੋਂ ਬਾਅਦ ਦੋ ਸਾਲ ਪਹਿਲਾਂ ਪਰਿਵਾਰ ਵਾਲਿਆਂ ਨੇ ਰੀਵਿਊ ਪਟੀਸ਼ਨ ਦਾਇਰ ਕੀਤੀ ਸੀ। ਸਿੱਧੂ ਦੇ ਵਕੀਲਾਂ ਨੇ ਇਸ ਪਟੀਸ਼ਨ ਦਾ ਵਿਰੋਧ ਕੀਤਾ ਸੀ ਪਰ ਸੁਪਰੀਮ ਕੋਰਟ ਨੇ ਅੱਜ ਇੱਕ ਸਾਲ ਦੀ ਸਜ਼ਾ ਸੁਣਾ ਦਿੱਤੀ ਹੈ।